ਬਠਿੰਡਾ: ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੱਖ ਵੱਖ ਖੇਤਰ ਦੇ ਲੋਕਾਂ ਦਾ ਸ਼ਾਮਲ ਹੋਣਾ ਲਗਾਤਾਰ ਜਾਰੀ ਹੈ। ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਵੱਖ ਵੱਖ ਵਿਭਾਗ ਵਿੱਚ ਕੰਮ ਕਰਦੀਆਂ ਯੂਨੀਅਨਾਂ ਦੇ ਅਹੁਦਿਆਂ ਉੱਤੇ ਕੰਮ ਕਰਨ ਵਾਲੇ ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਪਾਰਟੀ ਹੈੱਡ ਕੁਆਟਰ ਉੱਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਬਠਿੰਡਾ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਬਿਲਾਸਪੁਰ ਦੀ ਹਾਜ਼ਰੀ ਵਿਚ ਜਗਤਾਰ ਸਿੰਘ ਸਰਵਾਣਾ ਮੁੱਖ ਪ੍ਰੈਸ ਸਕੱਤਰ ਪੰਜਾਬ ਨਾਨ ਗਜਟਿਡ ਅਫਸਰ ਯੂਨੀਅਨ ਬਠਿੰਡਾ, ਮਧੂ ਭੂਸ਼ਣ ਜਨਰਲ ਸਕੱਤਰ ਪੰਜਾਬ ਨਾਨ ਗਜਟਿਡ ਅਫਸਰ ਯੂਨੀਅਨ ਅਤੇ ਗੁਰਜੰਟ ਸਿੰਘ ਸੇਵਾ ਮੁਕਤ ਸੀਨੀਅਰ ਲੋਕੋ ਪਾਇਲਟ (ਨਾਰਥ ਰੇਲਵੇ) ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਹੀ ਅੱਜ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਦਿਨ ਰਾਤ ਮਿਹਨਤ ਕਰਕੇ ਆਮ ਆਦਮੀ ਪਾਰਟੀ ਲਈ ਕੰਮ ਕਰਨਗੇ। ਇਸ ਮੌਕੇ ਨੀਲ ਗਰਗ ਅਤੇ ਸੁਖਬੀਰ ਮਾਏਸਰ ਖਾਨਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।