ਨਵਾਂ ਸ਼ਹਿਰ – ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੀ ਹੱਦ ਅੰਦਰ ਰਾਤ 11 ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਕਰਫਿਊ ਅੱਜ ਰਾਤ ਤੋਂ ਹੀ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਪੰਜਾਬ ਸਰਕਾਰ ਵਲੋਂ ਇਹ ਫ਼ੈਸਲਾ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਥੇ ਇਹ ਵੀ ਖ਼ਾਸ ਤੌਰ ’ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਜਲੰਧਰ ਜ਼ਿਲ੍ਹੇ ਵਿਚ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਦਰਅਸਲ ਵਿਚ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਕੋਰੋਨਾ ਮਰੀਜ਼ਾਂ ਦੀ ਮੌਤ ਦਰ ਵੀ ਤੇਜ਼ੀ ਨਾਲ ਵੱਧ ਰਹੀ ਹੈ।
ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਕੋਰੋਨਾ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਪੰਜਾਬ ਸਰਕਾਰ ਪਹਿਲਾਂ ਸੂਬੇ ਦੇ ਸਮੂਹ ਡੀਸੀਜ਼ ਨੂੰ ਹੁਕਮ ਦੇ ਦਿੱਤਾ ਸੀ ਕਿ ਸਾਰੇ ਡੀਸੀਜ਼ ਕੋਰੋਨਾ ਦੀ ਸਥਿਤੀ ਦੇ ਹਿਸਾਬ ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿਚ ਕਰਫਿਊ ਲਗਾ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਜਨਤਾ ਨੇ ਕੋਰੋਨਾ ਵੈਕਸੀਨ ਲਗਾਉਣ ਦੇ ਨਾਲ-ਨਾਲ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।