ਲੁਧਿਆਣਾ : ਪੰਜਾਬ ‘ਚ ਅੱਜ ਤੋਂ 3 ਦਿਨ (11 ਤੋਂ 13 ਮਾਰਚ) ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰੀ ਪ੍ਰਤੀ ਸੂਬਾ ਸਰਕਾਰ ਦੀ ਬੇਰੁਖ਼ੀ ਅਤੇ ਵਾਅਦਾ ਖ਼ਿਲਾਫ਼ੀ ਕਾਰਨ 11, 12 ਅਤੇ 13 ਮਾਰਚ ਨੂੰ ਮੁਕੰਮਲ ਹੜ੍ਹਤਾਲ ਦਾ ਫ਼ੈਸਲਾ ਲਿਆ ਗਿਆ ਹੈ।ਇਸ ਸਬੰਧੀ ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਨਬੱਸ ‘ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ 13 ਸਾਲ ਤੋਂ ਘੱਟ ਤਨਖਾਹ ‘ਤੇ ਕੰਮ ਕਰਵਾ ਕੇ ਕਿਰਤ ਕਾਨੂੰਨਾਂ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਸੱਤਾ ‘ਚ ਆਉਣ ਤੋਂ ਪਹਿਲਾਂ ਸੂਬੇ ਦੇ ਸਾਰੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਗਏ ਸਨ। ਇਸ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਜੋ ਸਬ-ਕਮੇਟੀ ਬਣਾਈ ਗਈ ਹੈ, ਉਹ ਨਾ ਹੀ ਕੱਚੇ ਕਾਮਿਆਂ ਨਾਲ ਮੀਟਿੰਗ ਕਰਦੀ ਹੈ ਅਤੇ ਨਾ ਹੀ ਕੋਈ ਹੱਲ ਕੱਢਦੀ ਹੈ, ਹਰ ਵਾਰ ਸਰਕਾਰ ਅਤੇ ਮਹਿਕਮੇ ਦੀਆਂ ਪਾਲਿਸੀਆਂ ਦਾ ਬਹਾਨਾ ਬਣਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 12 ਤਾਰੀਖ਼ ਨੂੰ ਪਟਿਆਲਾ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।