ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦੇ ਨਜ਼ਦੀਕ ਲੁਧਿਆਣਾ ਮਾਰਗ ’ਤੇ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਕੁੜੀ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀ ਹੈ। ਮ੍ਰਿਤਕ ਕਾਰ ਵਿਚ ਸਵਾਰ ਹੋ ਕੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਕਿ ਕੋਲੀਆਂਵਾਲੀ ਦੇ ਨਜ਼ਦੀਕੀ ਪਿੰਡ ਵਜੀਦਕੇ ਦੇ ਨੇੜੇ ਜਦੋਂ ਟਰੱਕ ਤੇਲ ਪਵਾਉਣ ਲਈ ਪੈਟਰੋਲ ਪੰਪ ਵੱਲ ਮੁੜ ਰਿਹਾ ਸੀ ਤਾਂ ਪਿੱਛੋਂ ਆ ਰਹੀ ਕਾਰ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਾਰ ਦੇ ਪਰਖਚੇ ਉੱਡ ਗਏ।
ਸਾਰੇ ਮ੍ਰਿਤਕ ਆਪਸ ਵਿਚ ਰਿਸ਼ਤੇਦਾਰ ਸਨ। ਹਾਦਸੇ ਵਿਚ ਗੰਭੀਰ ਜ਼ਖਮੀ ਕੁੜੀ ਨੂੰ ਪੀ. ਜੀ. ਆਈ. ਰੈਫਰ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਧਰ ਪੁਲਸ ਨੇ ਮਾਮਾਲ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਟਰੋਲ ਪੰਪ ਦੇ ਮੁਲਾਜ਼ਮ ਜੋ ਕਿ ਹਾਦਸੇ ਦਾ ਪ੍ਰਤੱਖਦਰਸ਼ੀ ਹੈ ਨੇ ਦੱਸਿਆ ਕਿ ਸਵੇਰੇ ਲਗਭਗ 7.30 ਵਜੇ ਦੇ ਕਰੀਬ ਲੁਧਿਆਣਾ ਵਲੋਂ ਟਰੱਕ ਆ ਰਿਹਾ ਸੀ ਅਤੇ ਉਹ ਤੇਲ ਪਵਾਉਣ ਲਈ ਪੈਟਰੋਲ ਪੰਰਪ ਵੱਲ ਮੁੜਿਆ, ਇੰਨੇ ਵਿਚ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਟਰੱਕ ਦੇ ਪਿੱਛੇ ਜਾ ਵੱਜੀ, ਜਿਸ ਵਿਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ।