ਚੰਡੀਗੜ੍ਹ: ਕੋਰੋਨਾਵਾਇਰਸ ਨਾਲ ਨਜਿੱਠਣ ਲਈ ਰੋਕ ਲਗਾਉਣ ਦੇ ਐਲਾਨ ਤੋਂ ਇੱਕ ਦਿਨ ਬਾਅਦ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਖਤ ਪਾਬੰਦੀਆਂ ਬਾਰੇ ਫੈਸਲਾ 8 ਅਪਰੈਲ ਨੂੰ ਰਾਜ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ ਜਾਵੇਗਾ।ਕੈਪਟਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ ਹਫ਼ਤੇ ਤੱਕ ਸਥਿਤੀ ‘ਚ ਸੁਧਾਰ ਨਾ ਹੋਇਆ ਤਾਂ ਸਖਤ ਪਾਬੰਦੀਆਂ ਲਗਾਈਆਂ ਜਾਣਗੀਆਂ। ਇਹ ਚੇਤਾਵਨੀ ਸੂਬੇ ‘ਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਅਤੇ ਮੌਤਾਂ ਦੇ ਵਿਚਕਾਰ ਆਈ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ ‘ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ। ਮੁੱਖ ਸਕੱਤਰ ਤੇ ਹੋਰ ਉਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਬੰਦਿਸ਼ਾਂ 31 ਮਾਰਚ ਤੱਕ ਲਈਆਂ ਸਨ, ਉਨ੍ਹਾਂ ਸਾਰੀਆਂ ਨੂੰ 10 ਅਪਰੈਲ ਤੱਕ ਵਧਾ ਦਿੱਤਾ ਜਾਵੇ। ਇਸ ਤੋਂ ਬਾਅਦ ਉਹ ਫੇਰ ਇਸ ਦੀ ਸਮੀਖਿਆ ਕਰਨਗੇ।
ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪੌਜ਼ੇਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ। ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ। ਉਨ੍ਹਾਂ ਸਾਰੇ ਡੀ.ਸੀਜ਼ ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ ਜਿਵੇਂ ਪੁਲਿਸ ਲਾਈਨਜ਼, ਕਾਲਜ ਤੇ ਯੂਨੀਵਰਸਿਟੀਆਂ, ਵੱਡੇ ਉਦਯੋਗਿਕ ਯੂਨਿਟ, ਬੱਸ ਅੱਡੇ, ਰੇਲਵੇ ਸਟੇਸ਼ਨ, ਪੀ.ਆਰ.ਟੀ.ਸੀ./ਪੰਜਾਬ ਰੋਡਵੇਜ਼ ਬੱਸ ਡਿਪੂ, ਬਾਜ਼ਾਰ ਆਦਿ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ, ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।