ਭਿੱਖੀ, (ਜਸਵੀਰ ਔਲਖ)- ਕਾਰਜ ਸਾਧਕ ਅਫਸਰ ਰਵੀ ਜਿੰਦਲ, ਵਿਜੈ ਕੁਮਾਰ ਅਤੇ ਕੁਲਦੀਪ ਰਿਸ਼ੀ ਯੂਨੀਅਰ ਸਹਾਇਕ ਨੇ ਸਿਵਲ ਹਸਪਤਾਲ ਭਿੱਖੀ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ। ਦਵਾਈ ਦੀ ਪਹਿਲੀ ਖ਼ੁਰਾਕ ਲੈਣ ਮਗਰੋਂ ਕਾਰਜ ਸਾਧਕ ਅਫਸਰ ਰਵੀ ਜਿੰਦਲ ਨੇ ਕਿਹਾ ਕਿ ਉਹ ਬਿਲਕੁਲ ਤੰਦਰੁਸਤ ਮਹਿਸੂਸ ਕਰ ਰਹੇ ਹਨ ਅਤੇ ਹਰ ਕਿਸੇ ਨੂੰ ਅਫ਼ਵਾਹਾਂ ਵੱਲ ਧਿਆਨ ਦਿਤੇ ਬਿਨਾਂ ਕੋਵਿਡ ਦਾ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਮਾਹਰ ਡਾਕਟਰਾਂ ਦੀ ਦੇਖ-ਰੇਖ ਹੇਠ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ।


ਵਿਜੈ ਕੁਮਾਰ ਨੇ ਆਖਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਹੈਲਥਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਮਿਹਨਤ ਕਰਦਿਆਂ ਕੋਵਿਡ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਇਸ ਬੀਮਾਰੀ ਦਾ ਟੀਕਾ ਤਿਆਰ ਹੋ ਗਿਆ ਅਤੇ ਦੁਨੀਆਂ ਭਰ ਵਿਚ ਲਗਾਇਆ ਜਾ ਰਿਹਾ ਹੈ, ਫਿਰ ਵੀ ਲੋਕਾਂ ਨੂੰ ਇਸ ਬੀਮਾਰੀ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।

Leave a Reply

Your email address will not be published. Required fields are marked *