ਗੁਰਦਾਸਪੁਰ – ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਸ਼ਾਹਪੁਰ ’ਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਦੇ ਘਰ ਉੱਪਰ ਅਨ੍ਹੇਵਾਹ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀਆਂ ਚਲਾਉਣ ਵਾਲੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਸ ਦੇ ਨਾਲ ਹੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਿੰਡ ਕੋਟਲੀ ਸ਼ਾਹਪੁਰ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ ਉਨ੍ਹਾਂ ਦੇ ਘਰ ’ਤੇ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਘਰ ਦੇ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਸ ਦੌਰਾਨ ਉਨ੍ਹਾਂ ਨੂੰ ਗੋਲੀਆਂ ਦੇ ਤਿੰਨ ਖੋਲ੍ਹ ਵੀ ਬਰਾਮਦ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕਰ ਦਿੱਤਾ।
ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਖੰਘਾਲੀ ਜਾ ਰਹੀ ਹੈ। ਕੈਮਰਿਆਂ ਦੀ ਫੁਟੇਜ਼ ’ਚ ਅਣਪਛਾਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਸ ਤੋਂ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।