ਜਲੰਧਰ – ਜਲੰਧਰ ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਘਣਸ਼ਾਮ ਥੋਰੀ ਨੇ ਜ਼ਿਲ੍ਹੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਲਈ ਆਕਸੀਜਨ ਦਾ ਪੂਰਾ ਪ੍ਰਬੰਧ ਯਕੀਨੀ ਬਣਾਉਣ ਨੂੰ ਲੈ ਕੇ ਵੱਡਾ ਫ਼ੈਸਲਾ ਲੈਂਦੇ ਹੋਏ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਲੈਕਟਿਵ ਸਰਜਰੀ ਦੇ ਕੇਸਾਂ ਨੂੰ ਅੱਗੇ ਟਾਲਣ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਿਲਹਾਲ ਆਕਸੀਜਨ ਦੀ ਕਮੀ ਵਰਗੀ ਕੋਈ ਸਥਿਤੀ ਨਹੀਂ ਹੈ ਪਰ ਇਹ ਫ਼ੈਸਲਾ ਅਹਤਿਆਤ ਵੱਜੋਂ ਲਿਆ ਗਿਆ ਹੈ ਤਾਂ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਹਸਪਤਾਲਾਂ ਵਿਚ ਕੋਰੋਨਾ ਦੇ ਮਰੀਜ਼ਾਂ ਲਈ ਆਕਸੀਜਨ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ 3 ਪ੍ਰਾਈਵੇਟ ਆਕਸੀਜਨ ਪਲਾਂਟਾਂ ਨੂੰ ਹੁਕਮ ਜਾਰੀ ਕੀਤੇ ਸਨ ਕਿ ਉਹ ਪਹਿਲਾਂ ਹਸਪਤਾਲਾਂ ਨੂੰ ਆਕਸੀਜਨ ਸਪਲਾਈ ਕਰਨ, ਇਸ ਤੋਂ ਉਪਰੰਤ ਹੀ ਇੰਡਸਟਰੀ ਨੂੰ ਆਕਸੀਜਨ ਦੀ ਸਪਲਾਈ ਦੇਣ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਲਈ ਆਕਸੀਜਨ ਪਲਾਂਟਾਂ ਦੀ ਨਿਗਰਾਨੀ ਸਬੰਧੀ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਦੀ ਤਾਇਨਾਤੀ ਵੀ ਕਰਵਾ ਦਿਤੀ ਹੈ।