ਅੰਮ੍ਰਿਤਸਰ, 6 ਮਈ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈੱਡਾਂ ਦਾ ਆਰਜ਼ੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਅੱਜ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪਹਿਲਾਂ ਹੀ 100 ਬੈੱਡ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਰੀਜ਼ਾਂ ਨੂੰ ਆਕਸੀਜਨ ਦੀ ਆ ਰਹੀ ਮੁਸ਼ਕਿਲ ਦੇ ਹੱਲ ਲਈ ਇਹ ਆਰਜ਼ੀ ਵਾਰਡ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਵਿਚ ਰੂਸ ਤੋਂ ਵਿਸ਼ੇਸ਼ ਤੌਰ ਤੇ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਨਿਗਰਾਨੀ ਲਈ ਇਨ੍ਹਾਂ ਵਾਰਡਾਂ ਵਿਚ ਦੋ ਸ਼ਿਫ਼ਟਾਂ ਵਿਚ ਮੈਡੀਕਲ ਟੀਮਾਂ ਕੰਮ ਕਰਨਗੀਆਂ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਮਾਰਗ ਤੇ ਚਲਦਿਆਂ ਲੋਕ ਭਲਾਈ ਕਾਰਜਾਂ ਲਈ ਹਮੇਸ਼ਾ ਹੀ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜਲਦ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਜਲੰਧਰ, ਪਟਿਆਲਾ ਤੇ ਭੁਲੱਥ ਆਦਿ ਸ਼ਹਿਰਾਂ ਵਿਚ ਵੀ 25-25 ਬੈੱਡ ਦਾ ਲੋੜ ਅਨੁਸਾਰ ਕੇਂਦਰ ਸਥਾਪਿਤ ਕਰਾਂਗੇ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸੇਵਾਵਾਂ ਮੁਫ਼ਤ ਹੋਣਗੀਆਂ, ਜਿਨ੍ਹਾਂ ਦੀ ਦੇਖਰੇਖ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡਾਕਟਰ ਅਤੇ ਸਟਾਫ਼ ਕਰੇਗਾ।
ਇਸ ਮੌਕੇ ਅਕਾਲੀ ਆਗੂ ਸ. ਦਰਸ਼ਨ ਸਿੰਘ ਸ਼ਿਵਾਲਿਕ, ਸ. ਰਣਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਚਰਨ ਸਿੰਘ ਗਰੇਵਾਲ, ਸ, ਰਘਬੀਰ ਸਿੰਘ ਸਹਾਰਨ ਮਾਜਰਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਚਰਨ ਸਿੰਘ ਆਲਮਗੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਪ੍ਰਿਤਪਾਲ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ ਤੇ ਮੈਨੇਜਰ ਸ. ਗੁਰਬਖ਼ਸ਼ ਸਿੰਘ ਹਾਜ਼ਰ ਸਨ।