ਚੰਡੀਗੜ੍ਹ- ਕੋਰੋਨਾ ਦੀ ਲਾਗ ਨੂੰ ਘੱਟ ਕਰਨ ਲਈ ਸੂਬਿਆਂ ਵੱਲੋਂ ਨਿਰੰਤਰ ਯਤਨ ਜਾਰੀ ਹਨ। ਕੋਵਿਡ ਪਾਬੰਦੀਆਂ ਦਾ ਪ੍ਰਭਾਵ ਵੀ ਦਿਖਾਈ ਦੇ ਰਿਹਾ ਹੈ। ਪਿਛਲੇ 25 ਦਿਨਾਂ ਤੋਂ ਕੋਰੋਨਾ ਦੇ ਕੇਸ ਨਿਰੰਤਰ ਘਟ ਰਹੇ ਹਨ। ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਕੋਰੋਨਾ ਕਰਫਿਊ 31 ਮਈ ਤੱਕ ਵਧਾ ਦਿੱਤਾ ਹੈ।
ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਮੌਜੂਦਾ ਪਾਬੰਦੀਆਂ ਨੂੰ 31 ਮਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਨੇ ਰਾਜ ਦੇ ਸਾਰੇ ਅਧਿਕਾਰੀਆਂ ਨੂੰ ਕੋਵਿਡ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਦੁਕਾਨਾਂ ਨੂੰ ਪੜਾਅਵਾਰ ਖੋਲ੍ਹਣ ਦੀ ਘੋਸ਼ਣਾ ਕਰਨ ਤੋਂ ਇਲਾਵਾ ਮੁੱਖ ਮੰਤਰੀ ਨੇ ਹਾਊਸਿੰਗ ਸੈਕਟਰ ਲਈ ਕਈ ਰਿਆਇਤਾਂ ਦੇਣ ਦਾ ਐਲਾਨ ਕੀਤਾ।
ਉਤਰ ਪ੍ਰਦੇਸ਼ ਦੇ ਪਿੰਡਾਂ ਵਿੱਚ ਪੈਦਾ ਹੋਈ ਸਥਿਤੀ ਤੋਂ ਬਚਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ‘ਕੋਰੋਨਾ ਮੁਕਤ ਪਿੰਡ ਅਭਿਆਨ’ ਦੇ ਹਿੱਸੇ ਵਜੋਂ ਨਿਵੇਕਲੇ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਕੋਵਿਡ ਦੇ ਚਿੰਤਾਜਨਕ ਫੈਲਾਅ ਨੂੰ ਰੋਕਿਆ ਜਾ ਸਕੇ।
ਮੁੱਖ ਮੰਤਰੀ ਨੇ ਇਸ ਜੰਗ ਵਿੱਚ ਕਮਿਊਨਟੀ ਦੇ ਸਾਰੇ ਵਰਗਾਂ ਦੀ ਸ਼ਮੂਲੀਅਤ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਹਤ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਸਾਰੇ ਭਾਈਚਾਰਿਆਂ ਨੂੰ ਲਾਮਬੰਦੀ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਕੋਵਿਡ ਦੇ ਖ਼ਤਰੇ ਬਾਰੇ ਜਾਗਰੂਕਤਾ ਮੁਹਿੰਮ ਵਿੱਚ ਸਮੁੱਚੇ ਸਟਾਫ਼ ਦੀ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹੈਲਥ ਤੇ ਵੈਲਨੈਸ ਸੈਂਟਰਾਂ ਨੂੰ ਕੇੰਦਰ ਬਣਾ ਕੇ ਇਸ ਪ੍ਰੋਗਰਾਮ ਵਿੱਚ ਤੇਜ਼ੀ ਲਿਆਉਣ ਵਾਸਤੇ ਕਮਿਊਨਿਟੀ ਹੈਲ਼ਥ ਅਫਸਰਾਂ, ਪੰਚਾਇਤਾਂ, ਸਕੂਲ ਅਧਿਆਪਕਾਂ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਪਿੰਡਾਂ ਦੇ ਪੁਲਿਸ ਅਧਿਕਾਰੀਆਂ, ਯੂਥ ਵਲੰਟੀਅਰਾਂ ਆਦਿ ਦੀ ਲਾਮਬੰਦੀ ਕੀਤੀ ਜਾਵੇ।