ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਪਟਵਾਰੀ ਭਰਤੀ ਕਰਨ ਲਈ ਲਏ ਗਏ ਟੈਸਟ ਮੌਕੇ ਚੰਡਗੀੜ੍ਹ ਦੇ 32 ਸੈਕਟਰ ’ਚ ਪੈਂਦੇ ਇਕ ਕਾਲਜ ਵਿਚ ਗੁਰਸਿੱਖ ਬੱਚਿਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਲਈ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਬਣਾਈ ਗਈ ਇਸ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਕਮੇਟੀ ਨੂੰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਕੋਆਰਡੀਨੇਟ ਕਰਨਗੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਲਈ ਗਈ ਪ੍ਰੀਖਿਆ ਸਮੇਂ ਗੁਰਸਿੱਖ ਬੱਚਿਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਘਨੌਣੀ ਕਾਰਵਾਈ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਅਗਲੀ ਕਾਰਵਾਈ ਲਈ ਕਮੇਟੀ ਗਠਿਤ ਕੀਤੀ ਗਈ, ਜੋ ਪੀੜ੍ਹਤ ਬੱਚਿਆਂ ਨਾਲ ਰਾਬਤਾ ਕਰਕੇ ਜਾਂਚ ਰਿਪੋਰਟ ਦੇਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਦੇ ਮੁੱਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹ ਸੰਜੀਦਾ ਮਾਮਲਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਟੈਸਟ ਸਮੇਂ ਸਿੱਖ ਬੱਚਿਆਂ ਨੂੰ ਮਾਨਸਿਕ ਤੌਰ ‘’ਤੇ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਉਨ੍ਹਾਂ ਨੂੰ ਜ਼ੁੰਮੇਵਾਰੀ ਸੌਂਪੀ ਗਈ ਹੈ ਅਤੇ ਇਸ ਮਾਮਲੇ ਵਿਚ ਜਲਦ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਪੀੜ੍ਹਤ ਗੁਰਸਿੱਖ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕਰਨ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਜਾ ਸਕਣ।

Leave a Reply

Your email address will not be published. Required fields are marked *