ਹਿਮਾਚਲ ਦੇ ਕਿਨੌਰ ‘ਚ ਕੱਲ੍ਹ ਜੋ ਭਿਆਨਕ ਹਾਦਸਾ ਵਾਪਰਿਆ ਸੀ, ਉਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ 13 ਲੋਕਾਂ ਨੂੰ ਬਚਾਅ ਲਿਆ ਗਿਆ ਹੈ। ਇਸ ਸਮੇਂ ਵੀ ਰੈਸਕਿਊ ਔਪ੍ਰੇਸ਼ਨ ਜਾਰੀ ਹੈ। ਪਹਾੜ ਤੋਂ ਚੱਟਾਨ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਸੀ।
ਦੇਰ ਰਾਤ ਹੋਏ ਰਾਹਤ ਤੇ ਬਚਾਅ ਕਾਰਜ ਨੂੰ ਰੋਕ ਦਿੱਤਾ ਗਿਆ ਸੀ ਤੇ ਸਵੇਰ ਹੁੰਦੇ ਹੀ ਬਚਾਅ ਕਾਰਜ ਪ੍ਰਕਿਰਿਆ ਫਿਰ ਤੋਂ ਸ਼ੁਰੂ ਕਰ ਦਿੱਤੀ ਗਈ। ਅਜੇ ਵੀ 30 ਤੋਂ ਵੱਧ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਜਾਣਕਾਰੀ ਅਨੁਸਾਰ 1 ਬੱਸ, 3 ਕਾਰਾਂ ਤੇ 1 ਟਿੱਪਰ ਮਲਬੇ ਹੇਠ ਦੱਬੇ ਹੋਏ ਹਨ।
ਮੁੱਖ ਮੰਤਰੀ ਜੈ ਰਾਮ ਠਾਕੁਰ ਹਲਾਤਾਂ ਦਾ ਜ਼ਾਇਜਾ ਲੈਣ ਲਈ ਘਟਨਾ ਵਾਲੇ ਸਥਾਨ ‘ਤੇ ਪਹੁੰਚੇ ਤੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ। ਇਸਦੇ ਨਾਲ ਹੀ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸਦੇ ਨਾਲ ਹੀ ਸਰਕਾਰ ਵੱਲੋਂ ਜ਼ਖਮੀਆਂ ਦਾ ਮੁਫ਼ਤ ਇਲਾਜ ਵੀ ਕੀਤਾ ਜਾਵੇਗਾ।