ਚੰਡੀਗੜ੍ਹ, 24 ਅਗਸਤ, 2021: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਭਲਕੇ 25 ਅਗਸਤ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਮੀਟਿੰਗ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੇ ਮੋਰਚੇ ਦੇ ਆਗੂਆਂ ਨੂੰ ਮੀਟਿੰਗ ਲਈ ਸੱਦਾ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਅਤੇ ਬਿਜਲੀ ਬਿੱਲ ਮੁਆਫ਼ ਕਰਨ, ਦਲਿਤਾਂ ’ਤੇ ਜਬਰ ਬੰਦ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ ਅਤੇ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਗੱਲਬਾਤ ਹੋਵੇਗੀ।