ਪੰਜਾਬ ਸਰਕਾਰ ਵੱਲੋਂ 10,151 ਐਸ.ਸੀ. ਨੌਜਵਾਨਾਂ ਦੇ 50-50 ਹਜ਼ਾਰ ਰੁਪਏ ਦੇ ਕੁੱਲ 41.48 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜ਼ਗਾਰ ਲਈ ਲਏ ਹਰ ਤਰ੍ਹਾਂ ਦੇ ਕਰਜ਼ਿਆਂ ਵਿਚੋਂ 50-50 ਹਜ਼ਾਰ ਰੁਪਏ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਸਵੈ-ਰੋਜ਼ਗਾਰ ਚਲਾਉਣ ਲਈ ਘੱਟ ਵਿਆਜ ਦਰ ’ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘੱਟ ਵਿਆਜ ਦਰ ’ਤੇ ਮੁਹੱਈਆ ਕਰਵਾਏ ਜਾਂਦੇ ਕਰਜ਼ਿਆਂ ਦੀ ਵਸੂਲੀ ਦਰ ਲਗਭਗ 77 ਫੀਸਦੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜ਼ਗਾਰ ਲਈ ਲਏ ਕਰਜ਼ੇ ਵਪਾਰ ਦਾ ਫੇਲ੍ਹ ਹੋਣਾ, ਲਾਭਪਾਤਰੀ ਦੀ ਮੌਤ ਹੋਣਾ, ਘਰ ਵਿਚ ਕੋਈ ਕਮਾਉਣ ਵਾਲਾ ਨਾ ਹੋਣਾ ਅਤੇ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਕਾਰਨ ਕਰਕੇ ਵੀ, ਵਾਪਸ ਕਰਨ ’ਚ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਪ੍ਰੇਸ਼ਾਨੀ ’ਚੋਂ ਕੱਢਣ ਲਈ ਇਹ ਕਰਜ਼ ਰਾਹਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਐਸ.ਸੀ. ਨੌਜਵਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪਹਿਲਾਂ ਵੀ 14260 ਐਸ.ਸੀ. ਕਰਜ਼ਦਾਰਾਂ ਦਾ 45.41 ਕਰੋੜ ਰੁਪਏ ਮੁਆਫ ਕੀਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ 8662 ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਘੱਟ ਵਿਆਜ ਦਰਾਂ ’ਤੇ ਕਰਜ਼ੇ ਮੁਹੱਈਆ ਕਰਵਾਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਐਸ.ਸੀ. ਕਾਰਪੋਰੇਸ਼ਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਘੱਟ ਵਿਆਜ ਦਰ ’ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜ਼ੇ ਲਈ ਘੱਟ ਵਿਆਜ ਦਰ ’ਤੇ ਕਰਜ਼ਾ ਮੁਹੱਈਆ ਕਰਾਵਾਉਣਾ ਹੈ ਤਾਂ ਕਿ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ।

Leave a Reply

Your email address will not be published. Required fields are marked *