ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਇਥੋਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਉਮੀਦਵਾਰ ਐਲਾਨ ਦਿੱਤੇ ਹਨ।
ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਅਤੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ।
ਦੱਸ ਦਈਏ ਕਿ ਇਥੋਂ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ, ਇਸ ਲਈ ਇਸ ਪੰਥਕ ਹਲਕੇ ਵਿਚ ਮੁਕਾਬਲਾ ਕਾਫੀ ਦਿਲਚਸਪ ਹੋਣ ਵਾਲਾ ਹੈ।
ਪੰਥਕ ਸੀਟ ਹੈ ਖਡੂਰ ਸਾਹਿਬ: ਕਾਬਿਲੇਗੌਰ ਹੈ ਕਿ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਸੀਟ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਜਿਸ ਕਾਰਨ ਉਨ੍ਹਾਂ ਦੀ ਇਸ ਸੀਟ ‘ਤੇ ਪਕੜ ਮਜ਼ਬੂਤ ਮੰਨੀ ਜਾ ਰਹੀ ਹੈ। ਦੱਸ ਦਈਏ ਕਿ ਖਡੂਰ ਸਾਹਿਬ ਪੰਥਕ ਸੀਟ ਹੈ ਅਤੇ ਵਿਰਸਾ ਸਿੰਘ ਵਲਟੋਹਾ ਦਾ ਨਾਮ ਪੰਥਕ ਲੀਡਰਾਂ ‘ਚ ਆਉਂਦਾ ਹੈ। ਜਿਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ‘ਤੇ ਦਾਅ ਖੇਡਿਆ ਗਿਆ ਹੈ। ਉਥੇ ਹੀ ਇਸ ਸੀਟ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਕਰਮ ਸਿੰਘ ਮਜੀਠੀਆ ਜਾਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ‘ਚ ਉਤਾਰਨ ਦੀਆਂ ਵੀ ਚਰਚਾਵਾਂ ਸਨ।