ਬਠਿੰਡਾ – ਆਂਗਣਵਾੜੀ ਵਰਕਰਾਂ ਨਾਲ ਬੀਤੇ ਦਿਨੀਂ ਬਠਿੰਡਾ ’ਚ ਰੋਸ ਪ੍ਰਦਰਸ਼ਨ ਦੌਰਾਨ ਹੋਈ ਧਕੇਸ਼ਾਹੀ ਸਬੰਧੀ ਅੱਜ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਸਾਰੀ ਘਟਨਾ ਸਬੰਧੀ ਚਰਚਾ ਕੀਤੀ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਨੇ ਇਸ ਉਪਰੰਤ ਪਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਨੇ, ਜੋ ਵਾਅਦੇ ਆਂਗਣਵਾੜੀ ਵਰਕਰਾਂ ਨਾਲ ਕੀਤੇ ਸੀ, ਉਹ ਇਸ ਬਜਟ ਸੈਸ਼ਨ ਵਿਚ ਵੀ ਪੂਰੇ ਨਹੀਂ ਕੀਤੇ ਗਏ। ਇਸ ਕਾਰਨ ਬਜਟ ਪਾਸ ਹੋਣ ਉਪਰੰਤ 9 ਮਾਰਚ ਤੋਂ ਆਂਗਣਵਾੜੀ ਵਰਕਰਾਂ ਨੇ ਸੂਬੇ ’ਚ ਸੰਘਰਸ਼ ਤੇਜ ਕਰ ਦਿੱਤਾ ਹੈ।
ਇਸ ਦੌਰਾਨ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦੇ ਬਾਹਰ ਜਦੋਂ ਆਂਗਣਵਾੜੀ ਵਰਕਰਾਂ ਪ੍ਰਦਰਸ਼ਨ ਕਰ ਰਹੀਆਂ ਸਨ ਤਾਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਕਾਂਗਰਸ ਦੇ ਮੌਜੂਦਾ ਕੌਂਸਲਰਾਂ ਨੇ ਵਰਕਰਾਂ ਦੀਆਂ ਚੁੰਨੀ ਤੱਕ ਖੋਹੀਆ। ਹਰਗੋਬਿੰਦ ਕੌਰ ਨੇ ਕਿਹਾ ਕਿ ਜਿੰਨੀ ਇੱਜ਼ਤ ਮਰਦ ਦੀ ਪਗ ਦੀ ਹੈ, ਉਨ੍ਹੀਂ ਹੀ ਇੱਜ਼ਤ ਜਨਾਨੀਆਂ ਦੀ ਚੁੰਨੀ ਦੀ ਵੀ ਹੈ। ਇਸ ਧਕੇਸ਼ਾਹੀ ਕਰਨ ਵਾਲਿਆਂ ਵਿਰੁੱਧ ਉਹ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਮਿਲਕੇ ਉਨ੍ਹਾਂ ਦਾ ਧੰਨਵਾਦ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਂਗਣਵਾੜੀ ਵਰਕਰਾਂ ਨਾਲ ਧਕੇਸ਼ਾਹੀ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ।
ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ’ਤੇ ਵੀ ਗਿਲਾ ਹੈ ਕਿ ਬਠਿੰਡੇ ਜ਼ਿਲ੍ਹੇ ’ਚ ਆਂਗਣਵਾੜੀ ਵਰਕਰਾਂ ਨਾਲ, ਜੋ ਧੱਕਾ ਹੋਇਆ, ਉਸ ਦਾ ਮੁੱਦਾ ਵਿਧਾਨ ਸਭਾ ’ਚ ਹਾਜ਼ਰ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਦੋਵੇਂ ਮਹਿਲਾ ਵਿਧਾਇਕਾ ਨੇ ਚੁੱਕਿਆ ਹੀ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਤਕ ਆਂਗਣਵਾੜੀ ਕੇਂਦਰਾਂ ਤੋਂ ਖੋਹੇ ਬੱਚੇ ਵਾਪਿਸ ਨਹੀਂ ਕੀਤੇ ਜਾਂਦੇ ਅਤੇ ਮਾਣਭੱਤੇ ’ਚ ਵਾਧਾ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਵਿਸ਼ਵਾਸ ਦਿਵਾਇਆ ਹੈ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਮੰਨਣ ਸਬੰਧੀ ਉਹ ਸਰਕਾਰ ’ਤੇ ਦਬਾਅ ਬਣਾਉਣਗੇ ।