ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਕਰ ਰਹੇ ਹਨ, ਝੋਨੇ ਦੀ ਬਿਜਾਈ ਕਰਨ ਨੂੰ ਮਜ਼ਬੂਰ
ਰਾਮਾਂ ਮੰਡੀ, 24 ਜੂਨ (ਪਰਮਜੀਤ ਲਹਿਰੀ)-ਆਮ ਆਦਮੀ ਪਾਰਟੀ ਦੇ ਕੌਂਸਲ ਮੈਂਬਰ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕੇਂਦਰ ਦੀ ਮੋਦੀ ਸਰਕਾਰ ਤੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਦਿੱਲੀ ਦੇ ਬਾਰਡਰ ਤੇ ਮੋਹ ਮਾਘ ਦੀਆਂ ਠੰਡੀਆਂ ਰਾਤਾਂ ਅਤੇ ਜੇਠ ਹਾੜ ਦੀ ਤਪਦੀਆਂ ਧੁੱਪਾਂ ਅਤੇ ਵਗਦੀਆਂ ਹਨੇਰੀਆਂ ਦੇ ਸਮੇਂ ਸੰਘਰਸ਼ ਲੜ ਰਹੇ ਦੇਸ਼ ਦੇ ਕਿਸਾਨਾਂ ਦੀ ਲੜਾਈ ਵਿੱਚ ਸਭ ਤੋਂ ਵੱਧ ਯੋਗਦਾਨ ਪਾ ਰਿਹਾ ਹੈ। ਪ੍ਰੰਤੂ ਝੋਨੇ ਦੀ ਬਿਜਾਈ ਦੇ ਔਖੇ ਸਮੇਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਨੇ ਬਾਂਹ ਫੜਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਦੇ ਇਛਾਰੇ ਤੇ ਝੋਨੇ ਦੇ ਬਿਜਾਈ ਲਈ ਕਿਸਾਨਾਂ ਨੂੰ ਖੇਤੀ ਮੋਟਰਾਂ ਤੇ ਬਿਜਲੀ 8 ਘੰਟੇ ਪੂਰੀ ਦੇਣ ਦੀ ਬਜਾਏ ਚਾਰ ਤੋਂ ਪੰਜ਼ ਘੰਟੇ ਦਿੱਤੀ ਜਾ ਰਹੀ ਹੈ।
ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਰੋਜ਼ ਡੀਜ਼ਲ ਦੇ ਭਾਅ ਅਸਮਾਨੀ ਚੜਾ ਰਹੀ ਹੈ ਅਤੇ ਕਿਸਾਨਾਂ ਨੂੰ ਮੋਟਰਾਂ ਉਪਰ ਜਰਨੇਟਰ ਤੇ ਮਹਿੰਗੇ ਭਾਅ ਦਾ ਡੀਜ਼ਲ ਫੂਕਿਆ ਜਾ ਰਿਹਾ ਹੈ। ਵਿਧਾਇਕਾ ਨੇ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਮੋਦੀ ਸਰਕਾਰ ਦਾ ਸਾਥ ਦੇਣ ਦੀ ਬਜਾਏ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮੰਗ ਅਨੁਸਾਰ ਬਿਜਲੀ ਮੋਟਰਾਂ ਨੂੰ ਅੱਠ ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇ। ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਨਾਂ ਦਿੱਤੀ ਤਾਂ ਆਮ ਆਦਮੀ ਪਾਰਟੀ ਸੜ੍ਹਕਾਂ ਤੇ ਉਤਰ ਸੰਘਰਸ਼ ਸ਼ੁਰੂ ਕਰੇਗੀ।