ਕੈਪਟਨ ਅਤੇ ਨਵਜੋਤ ਸਿੱਧੂ ਬਿਜਲੀ ਸਮਝੌਤਿਆਂ ਸੰਬੰਧੀ ਚੇਅਰਮੈਨ ਦੀ ਰਿਪੋਰਟ ਬਾਰੇ ਦੇਣ ਸਪੱਸ਼ਟੀਕਰਨ

ਚੰਡੀਗੜ੍ਹ: ਮੁੱਖ ਮੰਤਰੀ ਵੱਲੋਂ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਦੇ ਜਵਾਬ ਵਿੱਚ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਦਾ ਪੱਖ ਪੂਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।’ ਇਹ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਦੀ ਰਿਪੋਰਟ ਬਿਜਲੀ ਕੰਪਨੀਆਂ ਦੇ ਸਮਝੌਤਿਆਂ ਦੀ ਸੁਰੱਖਿਆ ਲਈ ਪੰਜਾਬ ਦੇ ਹਿੱਤਾਂ ਨੂੰ ਛਿੱਕੇ ਟੰਗਣ ਦਾ ਮਨਸੂਬਾ ਹੈ।ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਮਿਲਣੀ ਦੌਰਾਨ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਗਰਮੀ ਦੀ ਰੁੱਤ ਅਤੇ ਝੋਨੇ ਦੀ ਲਵਾਈ ਸਮੇਂ ਬਿਜਲੀ ਸਪਲਾਈ ਦੇਣ ਵਿੱਚ ਫ਼ੇਲ ਹੋਈਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਦੇ ਸਮਝੌਤਿਆਂ ਨੂੰ ਸਹੀ ਕਰਾਰ ਦੇਣਾ ਕਾਂਗਰਸ ਦੀ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਦਾ ਨਤੀਜਾ ਹੈ।

ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ, ‘ਮੁੱਖ ਮੰਤਰੀ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਨੂੰ ਚਿੱਠੀ ਲਿਖਣਾ, ਕੀ ਪੰਜਾਬ ਦੇ ਲੋਕਾਂ ਦੇ ਅੱਖੀਂ ਘੱਟਾ ਪਾਊਣ ਦੀ ਸਾਜਿਸ਼ ਸੀ? ਉਨਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਸਪਸ਼ੱਟ ਕਰਨ ਕਿ ਉਹ ਕਾਂਗਰਸ ਪ੍ਰਧਾਨ ਬਣਨ ਤੋਂ ਪਹਿਲਾਂ ਦਿੱਤੇ ਬਿਆਨਾਂ ‘ਤੇ ਕਾਇਮ ਹਨ ਕਿ ਇਹ ਬਿਜਲੀ ਸਮਝੌਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਰੱਦ ਹੋਣੇ ਚਾਹੀਦੇ ਨੇ।ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਬਿਜਲੀ ਸਮਝੌਤੇ ਰੱਦ ਕਰਨ ਤੋਂ ਮੁੱਕਰ ਗਏ ਕਿਉਂਕਿ ਉਨਾਂ ਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਹੈ ਅਤੇ ਹਿੱਸਾਪੱਤੀ ਅੱਜ ਵੀ ਜਾਰੀ ਹੈ।

ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲ ਉਸੇ ਤਰਾਂ ਵੇਚ ਦਿੱਤਾ ਹੈ, ਜਿਵੇਂ ਅਕਾਲੀ ਦਲ ਬਾਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਨੇ ਵੇਚਿਆ ਸੀ। ਬਿਜਲੀ ਕੰਪਨੀਆਂ ਤੋਂ ਲਏ ਕਮਿਸ਼ਨ ਕਰਕੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਪੰਜਾਬ ਮਾਰੂ ਸਮਝੌਤੇ ਲਾਗੂ ਰੱਖਣ ਦਾ ਰਾਹ ਅਖ਼ਤਿਆਰ ਕਰ ਰਹੇ ਹਨ। ਮੀਤ ਹੇਅਰ ਨੇ ਮੰਗ ਕੀਤੀ ਕਿ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਨ ਵਾਲੇ ਅਧਿਕਾਰੀ ਏ. ਵੇਣੂ ਪ੍ਰਸ਼ਾਦ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।

Leave a Reply

Your email address will not be published. Required fields are marked *